ਐਸ ਏ ਐਸ ਨਗਰ, 21 ਜੂਨ : ਡਾ. ਮਨਜੀਤ ਸਿੰਘ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਿਵਲ ਸਰਜਨ ਵਜੋਂ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਸੰਗਰੂਰ ਵਿਚ ਸਿਵਲ ਸਰਜਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਅੱਖਾਂ ਦੇ ਮਾਹਿਰ ਡਾਕਟਰ ਮਨਜੀਤ ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਵਿਚ ਪਹਿਲਾਂ ਹੀ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਟੀਚਾ ਹੈ ਕਿ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਅਗਲੇ ਦਿਨਾਂ ਵਿੱਚ ਸਮੁੱਚੇ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕਰਨਗੇ ਅਤੇ ਜਿੱਥੇ ਕਿਤੇ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਹੋਈ, ਉਸ ਨੂੰ ਦੂਰ ਕੀਤਾ ਜਾਵੇਗਾ।